Politics

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਬਾਦਲ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ

Posted by: Shanker Raja

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਉੱਪਰ ਝੂਠੇ ਦੋਸ਼ ਲਗਾਉਣ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਅਦਾਲਤ ਵਿੱਚ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ।

ਉਨ੍ਹਾਂ ਨੇ ਚੰਡੀਗੜ੍ਹ ਅਦਾਲਤ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 210 ਅਤੇ 222 ਤਹਿਤ ਸ਼ਿਕਾਇਤ ਦਰਜ ਕਰਵਾਈ ਹੈ, ਜੋ ਕਿ ਭਾਰਤੀ ਨਿਆਇਕ ਸੰਹਿਤਾ (BNS), 2023 ਦੀ ਧਾਰਾ 356 ਅਧੀਨ ਆਉਂਦੇ ਅਪਰਾਧ ਨਾਲ ਸਬੰਧਤ ਹੈ।

ਉਹਨਾਂ ਅਨੁਸਾਰ ਦੋਸ਼ੀਆਂ ਵੱਲੋਂ ਲਗਾਏ ਗਏ ਬੇਬੁਨਿਆਦ ਦੋਸ਼ਾਂ ਨਾਲ ਉਨ੍ਹਾਂ ਦੇ ਚਰਿੱਤਰ ਅਤੇ ਸ਼ੋਹਰਤ ਨੂੰ ਨਾ ਸਿਰਫ਼ ਸਮਾਜਿਕ ਤੌਰ ’ਤੇ ਸਗੋਂ ਵਿਅਕਤੀਗਤ ਤੌਰ ’ਤੇ ਵੀ ਅਜਿਹਾ ਵੱਡਾ ਘਾਟਾ ਪਹੁੰਚਿਆ ਹੈ, ਜਿਸ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ।

ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇੱਕ ਵੱਖਰੇ ਮਾਮਲੇ ਵਿੱਚ ਸਿਵਲ ਜੱਜ (ਜੂਨੀਅਰ ਡਵੀਜ਼ਨ) ਡਾ. ਪ੍ਰੀਕਸ਼ਿਤ ਦੀ ਅਦਾਲਤ ਨੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ’ਤੇ ਅਗਲੇ ਹੁਕਮਾਂ ਤੱਕ ਸੋਸ਼ਲ ਮੀਡੀਆ ਜਾਂ ਕਿਸੇ ਵੀ ਹੋਰ ਮਾਧਿਅਮ ’ਤੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਕੋਈ ਵੀ ਅਣ-ਪ੍ਰਮਾਣਿਤ ਅਤੇ ਮਾਣਹਾਨੀਯੋਗ ਸਮੱਗਰੀ ਪ੍ਰਕਾਸ਼ਿਤ ਜਾਂ ਸ਼ੇਅਰ ਕਰਨ ’ਤੇ ਅੰਤਰਿਮ ਰੋਕ ਲਗਾਈ ਹੋਈ ਹੈ।