featured

ਪੰਜਾਬ ਵਿੱਚ ਨਵੇਂ ਰਾਸ਼ਨ ਕਾਰਡ ਅਪਲਾਈ ਕਰਨ ਵਾਲਿਆਂ ਦੀ ਗਿਣਤੀ 19.50 ਲੱਖ ਤੋਂ ਪਾਰ

Posted by_Shanker Raja

ਪੰਜਾਬ ਵਿੱਚ ਨਵੇਂ ਰਾਸ਼ਨ ਕਾਰਡ ਬਣਵਾਉਣ ਦੇ ਚਾਹਵਾਨਾਂ ਦਾ ਹੜ੍ਹ ਆ ਗਿਆ ਹੈ। ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਤਰੀਕ ਲੰਘਣ ਮਗਰੋਂ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ ਪੰਜਾਬ ਭਰ ’ਚੋਂ ਕਰੀਬਨ 19.50 ਲੱਖ ਦਰਖ਼ਾਸਤਾਂ ਪ੍ਰਾਪਤ ਹੋਈਆਂ ਹਨ। ਸੂਤਰਾਂ ਅਨੁਸਾਰ ਕਰੀਬ 40 ਲੱਖ ਨਵੇਂ ਲਾਭਪਾਤਰੀ ਨਵੇਂ ਜਾਂ ਪੁਰਾਣੇ ਰਾਸ਼ਨ ਕਾਰਡਾਂ ਦੇ ਮੈਂਬਰ ਬਣਨਾ ਚਾਹੁੰਦੇ ਹਨ।

ਪੰਜਾਬ ਸਰਕਾਰ ਨੇ 11 ਮਾਰਚ ਨੂੰ ਨੋਟੀਫਿਕੇਸ਼ਨ ਜਾਰੀ ਕਰ ਕੇ ਨਵੇਂ ਰਾਸ਼ਨ ਕਾਰਡਾਂ ਲਈ ਸ਼ਰਤਾਂ ’ਚ ਛੋਟ ਦਿੱਤੀ ਸੀ। ਕੇਂਦਰੀ ਫਾਰਮੂਲੇ ਵਿੱਚ ਤਬਦੀਲੀ ਕਰਦਿਆਂ ਸਾਲਾਨਾ ਆਮਦਨ ਦੀ ਹੱਦ 1.80 ਲੱਖ ਤੋਂ ਵਧਾ ਕੇ 8 ਲੱਖ ਰੁਪਏ ਕਰ ਦਿੱਤੀ ਗਈ ਹੈ, ਜਿਸ ਨਾਲ ਚੰਗੀ ਆਰਥਿਕ ਸਤਿਥੀ ਵਾਲੇ ਲੋਕਾਂ ਲਈ ਵੀ ਰਾਸ਼ਨ ਕਾਰਡ ਬਣਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਹੁਣ ਗੱਡੀਆਂ ਅਤੇ ਜ਼ਮੀਨਾਂ ਵਾਲੇ ਲੋਕ ਵੀ ਇਸ ਯੋਜਨਾ ਦਾ ਲਾਭ ਲੈ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ 22 ਜੁਲਾਈ ਨੂੰ 10 ਲੱਖ ਨਵੇਂ ਰਾਸ਼ਨ ਕਾਰਡ ਬਣਾਉਣ ਦਾ ਐਲਾਨ ਕੀਤਾ ਸੀ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ‘ਸਮਾਰਟ ਰਾਸ਼ਨ ਕਾਰਡ ਸਕੀਮ’ ਔਨਲਾਈਨ ਅਪਲਾਈ ਕਰਨ ਲਈ 11 ਅਗਸਤ ਤੱਕ ਦਾ ਸਮਾਂ ਦਿੱਤਾ ਸੀ।

ਪੰਜਾਬ ਸਰਕਾਰ ‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟ ਦਿੰਦੀ ਹੈ, ਜਦਕਿ ਕੇਂਦਰ ਸਰਕਾਰ ਹਰ ਮੈਂਬਰ ਨੂੰ ਪੰਜ ਕਿਲੋ ਕਣਕ ਦਿੰਦੀ ਹੈ। ਆਮ ਆਦਮੀ ਪਾਰਟੀ ਸਰਕਾਰ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਇਨ੍ਹਾਂ ਨਵੇਂ ਕਾਰਡਾਂ ਦਾ ਕੰਮ ਮੁਕੰਮਲ ਕਰਨਾ ਚਾਹੁੰਦੀ ਹੈ। ਪੰਜਾਬ ਸਰਕਾਰ ਨੇ ਕੁੱਝ ਸਮਾਂ ਪਹਿਲਾਂ ਨਵੇਂ ਡਿਪੂ ਵੀ ਅਲਾਟ ਕੀਤੇ ਹਨ।