ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਸ਼ਰਧਾਲੂਆਂ ਲਈ ਥਾਂ-ਥਾਂ ‘ਤੇ ਅਤੁੱਟ ਲੰਗਰ, ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ
ਪੁਲਿਸ ਅਤੇ ਪ੍ਰਸ਼ਾਸ਼ਨ ਵੱਲੋਂ ਵੀ ਪਿੱਛਲੇ ਸਾਲਾਂ ਨਾਲੋਂ ਬੇਹਤਰ ਪ੍ਰਬੰਧ ਕੀਤੇ ਗਏ ਸਨ, ਪੁਲਿਸ ਵੱਲੋਂ ਵੀ ਮੇਲਾ ਡਿਊਟੀ ਬਹੁਤ ਵਧੀਆ ਤਰੀਕੇ ਨਾਲ ਨਿਭਾਈ ਗਈ
ਜਲੰਧਰ, 26 ਸਿਤੰਬਰ (ਸ਼ੰਕਰ ਰਾਜਾ)- ਜਾਲੰਧਰ ਦੇ ਇਤਿਹਾਸਕ ਅਤੇ ਪਵਿੱਤਰ ਸਥਾਨ ਸ੍ਰੀ ਸਿੱਧ ਬਾਬਾ ਸੋਢਲ ਜੀ ਦਾ ਸਲਾਨਾ ਮੇਲਾ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਸੰਪੂਰਨ ਹੋ ਗਿਆ ਹੈ। ਦੇਸ਼-ਵਿਦੇਸ਼ ਤੋਂ ਆਏ ਲੱਖਾਂ ਸ਼ਰਧਾਲੂਆਂ ਨੇ ਬਾਬਾ ਸੋਢਲ ਜੀ ਦੇ ਦਰਬਾਰ ‘ਚ ਨਤਮਸਤਕ ਹੋ ਕੇ ਅਸੀਸ ਪ੍ਰਾਪਤ ਕੀਤੀ। ਅਨੰਤ ਚੌਦਸ ਦੇ ਪਵਿੱਤਰ ਦਿਹਾੜੇ ‘ਤੇ ਆਯੋਜਿਤ ਇਸ ਮੇਲੇ ਦੌਰਾਨ ਮੰਦਰ ਪਰਿਸਰ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ। ਤੜਕੇ ਤੋਂ ਹੀ ਮੰਦਰ ‘ਚ ਮੱਥਾ ਟੇਕਣ ਲਈ ਸ਼ਰਧਾਲੂਆਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ। ਲੋਕਾਂ ਨੇ ਬਾਬਾ ਜੀ ਦੇ ਪਵਿੱਤਰ ਸਰੋਵਰ ‘ਚ ਮੱਥਾ ਟੇਕਿਆ, ਸੁੱਖਣਾ ਪੂਰੀਆਂ ਹੋਣ ‘ਤੇ ਚੜ੍ਹਾਵਾ ਚੜ੍ਹਾਇਆ ਅਤੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਪ੍ਰਸਿੱਧ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਦਾ ਅਸ਼ੀਰਵਾਦ ਲਿਆ ਤੇ ਸੂਬੇ ਦੇ ਲੋਕਾਂ ਦੀ ਚੜ੍ਹਦੀ ਕਲਾ ਲਈ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਇਤਿਹਾਸਕ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਮੱਥਾ ਟੇਕਿਆ ਤੇ ਅਰਦਾਸ ’ਚ ਸ਼ਾਮਲ ਹੋਏ।
ਮੇਲੇ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜਾਲੰਧਰ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ| ਮੰਦਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਬਲ ਤੈਨਾਤ ਕੀਤਾ ਗਿਆ ਸੀ। ਸੰਵੇਦਨਸ਼ੀਲ ਥਾਵਾਂ ‘ਤੇ ਸੀ.ਸੀ.ਟੀ.ਵੀ. (CCTV) ਕੈਮਰਿਆਂ ਅਤੇ ਡਰੋਨਾਂ ਰਾਹੀਂ ਨਿਗਰਾਨੀ ਰੱਖੀ ਗਈ
ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਸ਼ਰਧਾਲੂਆਂ ਲਈ ਥਾਂ-ਥਾਂ ‘ਤੇ ਅਤੁੱਟ ਲੰਗਰ, ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਏ ਗਏ ਸਨ।
ਬੱਚਿਆਂ ਅਤੇ ਮਹਿਲਾਵਾਂ ਨੇ ਮੇਲੇ ਵਿੱਚ ਲੱਗੇ ਰੰਗ-ਬਿਰੰਗੇ ਬਾਜ਼ਾਰਾਂ, ਖਿਡੌਣਿਆਂ ਦੀਆਂ ਦੁਕਾਨਾਂ, ਝੂਲਿਆਂ ਅਤੇ ਖਾਣ-ਪੀਣ ਦੇ ਸਟਾਲਾਂ ਦਾ ਭਰਪੂਰ ਆਨੰਦ ਮਾਣਿਆ।
ਮੇਲਾ ਪ੍ਰਬੰਧਕ ਕਮੇਟੀ ਨੇ ਪ੍ਰਸ਼ਾਸਨ, ਪੁਲਿਸ ਵਿਭਾਗ, ਸੇਵਾਦਾਰਾਂ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਇਹ ਮੇਲਾ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ।

